ਕਿਸ਼ਨਪੁਰਾ ਦੇ ਨਜ਼ਦੀਕੀ ਇਲਾਕੇ ਪ੍ਰਿਥਵੀ ਨਗਰ ‘ਚ ਅੱਜ ਦੁਪਹਿਰ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ 32 ਸਾਲਾ ਮਹਿਲਾ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਮਹਿਲਾ ਦੀ ਪਛਾਣ ਮਨਪ੍ਰੀਤ ਕੌਰ ਉਰਫ ਪ੍ਰੀਤੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੇ ਏ.ਐਸ.ਆਈ. ਮਨਜਿੰਦਰ ਸਿੰਘ ਨੇ ਮਹਿਲਾ ਪੁਲਸ ਦੀ ਮਦਦ ਨਾਲ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੱਖੇ ਨਾਲੋਂ ਉਤਾਰਿਆ ਅਤੇ ਅਗਲੇਰੀ ਜਾਂਚ ਸ਼ੁਰੂ ਕੀਤੀ।

ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਪ੍ਰੀਤੀ ਦੀ ਮੌਤ ਲਈ ਉਸ ਦੇ ਪਤੀ ਪ੍ਰਦੀਪ ਸਿੰਘ ਹੈਪੀ ਪੁੱਤਰ ਗੁਰਨਾਮ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਪਤੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਮੁਲਜ਼ਮ ਹੈਪੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। ਇਹ ਹਾਦਸਾ ਪਰਿਵਾਰ ਲਈ ਬੇਹੱਦ ਦੁਖਦਾਈ ਹੈ ਕਿਉਂਕਿ ਮ੍ਰਿਤਕਾ ਆਪਣੇ ਪਿੱਛੇ ਇੱਕ 6 ਸਾਲ ਦਾ ਮਾਸੂਮ ਪੁੱਤਰ ਛੱਡ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਮ੍ਰਿਤਕਾ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।